ਪਟਿਆਲਾ ਨਗਰ ਨਿਗਮ ਚੋਣਾਂ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ, 28 ਵਾਰਡਾਂ ਵਿੱਚ ਮੁੜ ਚੋਣਾਂ ਕਰਵਾਈਆਂ ਜਾਣਗੀਆਂ।ਜਿਨ੍ਹਾਂ ਵਾਰਡਾਂ ਵਿੱਚ ਮੁੜ ਚੋਣਾਂ ਹੋਣਗੀਆਂ, ਉਨ੍ਹਾਂ ਵਿੱਚ ਵਾਰਡ ਨੰਬਰ 1, 4, 6, 12, 14, 16, 22, 26, 28, 32, 33, 34, 36, 37, 38, 40, 41, 43, 44, 45, 46, 48, 50, 51, 52, 53, 55 ਅਤੇ 57 ਸ਼ਾਮਲ ਹਨ।ਇਨ੍ਹਾਂ ਵਾਰਡਾਂ ਵਿੱਚ ਚੋਣ ਪ੍ਰਕਿਰਿਆ ਦੀ ਕੀਤੀ ਗਈ ਤੱਥ-ਖੋਜ ਜਾਂਚ ਦੌਰਾਨ ਬੇਨਿਯਮੀਆਂ ਅਤੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕੇ ਜਾਣ ਦੇ ਮਾਮਲੇ ਸਾਹਮਣੇ ਆਏ ਸਨ। ਸੁਪਰੀਮ ਕੋਰਟ ਨੇ ਸਬੰਧਤ ਵਾਰਡਾਂ ਵਿੱਚ ਮੁੜ ਚੋਣਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।ਮੁੜ ਚੋਣ ਪ੍ਰਕਿਰਿਆ ਦੀ ਨਿਗਰਾਨੀ ਲਈ ਇੱਕ ਕਮੇਟੀ ਗਠਿਤ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਤੋਂ ਲੈ ਕੇ ਵੋਟਿੰਗ ਤੱਕ ਦੀ ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।ਇਸ ਤੋਂ ਪਹਿਲਾਂ ਹਾਈ ਕੋਰਟ ਅਤੇ ਬਾਅਦ ਵਿੱਚ ਸੁਪਰੀਮ ਕੋਰਟ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ, ਜਿਨ੍ਹਾਂ ਵਿੱਚ ਨਾਮਜ਼ਦਗੀ ਪ੍ਰਕਿਰਿਆ ਵਿੱਚ ਬੇਨਿਯਮੀਆਂ ਅਤੇ ਉਮੀਦਵਾਰਾਂ ਨੂੰ ਚੋਣ ਲੜਨ ਤੋਂ ਰੋਕੇ ਜਾਣ ਦੇ ਦੋਸ਼ ਲਗਾਏ ਗਏ ਸਨ। ਸੁਪਰੀਮ ਕੋਰਟ ਨੇ ਤੱਥਾਂ ਦੀ ਜਾਂਚ ਕਰਨ ਲਈ ਇੱਕ ਕਮਿਸ਼ਨ ਗਠਿਤ ਕੀਤਾ ਸੀ ਅਤੇ ਇਹ ਫੈਸਲਾ ਉਸ ਕਮਿਸ਼ਨ ਦੀ ਰਿਪੋਰਟ ਦੇ ਆਧਾਰ ‘ਤੇ ਸੁਣਾਇਆ ਗਿਆ ਹੈ।ਪਟਿਆਲਾ ਦੇ 28 ਅਤੇ ਮੋਗਾ ਦੇ 22 ਵਾਰਡਾਂ ਲਈ ਚੋਣ ਪ੍ਰਕਿਰਿਆ ਰੱਦ ਕਰ ਦਿੱਤੀ ਗਈ ਹੈ। ਮੁੜ-ਚੋਣ ਦੀ ਸਮੁੱਚੀ ਪ੍ਰਕਿਰਿਆ ਹਾਈ ਕੋਰਟ ਦੀ ਨਿਗਰਾਨੀ ਹੇਠ ਕਰਵਾਈ ਜਾਵੇਗੀ। ਨਾਮਜ਼ਦਗੀ ਤੋਂ ਲੈ ਕੇ ਵੋਟਿੰਗ ਤੱਕ ਦੀ ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ। ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੀ ਇੱਕ ਨਿਗਰਾਨ ਕਮੇਟੀ ਇਸ ਸਾਰੀ ਕਾਰਵਾਈ ਦੀ ਦੇਖ-ਰੇਖ ਕਰੇਗੀ।


